-ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਵਾਸਤੇ ਸਥਾਪਤ ਹੋਵੇਗਾ ਕੇਂਦਰ -ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਿੱਖ ਬੁੱਧੀਜੀਵੀਆਂ ਨਾਲ ਕੀਤੀ ਪਲੇਠੀ ਇਕੱਤਰਤਾ ਅੰਮ੍ਰਿਤਸਰ, 11 ਜਨਵਰੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਅਤੇ ਗੁਰਦੁਆਰਾ ਸੁਧਾਰ ਲਹਿਰ ਨਾਲ ਸਬੰਧਤ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਛਾਪਿਆ ਜਾਵੇਗਾ। ਇਸ ਤੋਂ ਇਲਾਵਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਦਿਹਾੜੇ ਨੂੰ ਸਮਰਪਿਤ ਵੀ ਵਿਸ਼ੇਸ਼ ਖੋਜ ਕਾਰਜ ਕਰਵਾ ਕੇ ਪ੍ਰਕਾਸ਼ਤ ਕੀਤੇ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਬੁੱਧੀਜੀਵੀਆਂ ਨਾਲ ਵਿਸ਼ੇਸ਼ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਪੁਰਾਤਨ ਕਿਤਾਬਾਂ ਦੀ ਪੁਨਰ ਪ੍ਰਕਾਸ਼ਨਾ ਅਤੇ ਆ ਰਹੇ ਸ਼ਤਾਬਦੀ ਦਿਹਾੜਿਆਂ ਸਬੰਧੀ ਸਿੱਖ ਬੁੱਧੀਜੀਵੀਆਂ ਨੇ ਵਡਮੁੱਲੇ ਵਿਚਾਰ ਦਿੱਤੇ ਹਨ, ਜਿਨ੍ਹਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਸ ਦੀਆਂ ਤਰਜੀਹਾਂ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਸਿੱਖੀ ਪ੍ਰਚਾਰ ਕਰਨਾ ਹੈ। ਮੌਜੂਦਾ ਸਮੇਂ ਬਹੁਤ ਸਾਰੀਆਂ ਪ੍ਰਕਾਸ਼ਨਾਵਾਂ ਦੀ ਮੁੜ ਛਪਾਈ ਕਰਨਯੋਗ ਹੈ, ਜਿਸ ਲਈ ਬੁੱਧੀਜੀਵੀਆਂ ਵੱਲੋਂ ਦਿੱਤੀ ਗਈ ਮੁਲਵਾਨ ਰਾਏ ਅਨੁਸਾਰ ਕਾਰਜ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਹੜੀਆਂ ਕਿਤਾਬਾਂ ਛਾਪੀਆਂ ਜਾਣਗੀਆਂ, ਉਨ੍ਹਾਂ ਨੂੰ ਡਿਜ਼ੀਟਲ ਰੂਪ ਵਿਚ ਵੈੱਬਸਾਈਟ ’ਤੇ ਵੀ ਪਾਇਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਪਾਠਕਾਂ ਤੱਕ ਪੁੱਜ ਸਕਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਨੂੰ ਨਵੇਂ ਰੂਪ ਵਿਚ ਤਿਆਰ ਕੀਤਾ ਜਾ ਰਿਹਾ ਹੈ, ਜਿਸ ’ਤੇ ਸਿੱਖ ਇਤਿਹਾਸ ਨਾਲ ਸਬੰਧਤ ਜਾਣਕਾਰੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਇਤਿਹਾਸ ਨੂੰ ਵੀ ਛਾਇਆ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਕਾਰਜਾਂ ਨੂੰ ਨਤੀਜਾ ਮੁਖੀ ਬਨਾਉਣ ਲਈ ਧਾਰਮਿਕ ਸਲਾਹਕਾਰ ਕਮੇਟੀ ਦਾ ਵੀ ਗਠਨ ਕਰੇਗੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਕੇਂਦਰ ਖੋਲ੍ਹਣ ਦੀ ਯੋਜਨਾ ਹੈ। ਇਹ ਕੇਂਦਰ ਆਈਏਐਸ, ਆਈਪੀਐਸ ਤੇ ਪੀਸੀਐਸ ਆਦਿ ਪ੍ਰੀਖਿਆਵਾਂ ਲਈ ਸਿੱਖ ਵਿਦਿਆਰਥੀਆਂ ਨੂੰ ਤਿਆਰ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਯੋਗਦਾਨ ਪਾਉਣ ਲਈ ਕਈ ਸਿੱਖਾਂ ਨੇ ਪੇਸ਼ਕਸ਼ ਕੀਤੀ ਹੈ ਅਤੇ ਜਲਦ ਹੀ ਇਸ ਬਾਰੇ ਵੀ ਫੈਸਲਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪ੍ਰਚਾਰਕ ਅਤੇ ਰਾਗੀ ਤਿਆਰ ਕਰਨ ਲਈ ਚੱਲ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਧਾਰਮਿਕ ਸੰਸਥਾਵਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ। ਇਸ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਧਾਰਮਿਕ ਕੋਰਸਾਂ ਦੇ ਨਾਲ-ਨਾਲ ਬੀਏ ਅਤੇ ਐਮਏ ਪੱਧਰ ਤੱਕ ਦੀ ਪੜ੍ਹਾਈ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਯੂਨੀਵਰਸਿਟਰੀਆਂ ਦੇ ਸਿੱਖ ਖੋਜਾਰਥੀਆਂ ਨੂੰ ਸ਼੍ਰੋਮਣੀ ਕਮੇਟੀ ਰਫਰੈਂਸ਼ਰ ਕੋਰਸ ਲਗਾ ਕੇ ਦੇਸ਼ ਵਿਦੇਸ਼ ਅੰਦਰ ਸਿੱਖੀ ਪ੍ਰਚਾਰ ਲਈ ਭੇਜੇਗੀ। ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਕਿਰਨਜੋਤ ਕੌਰ, ਸਾਬਕਾ ਵੀ.ਸੀ. ਡਾ. ਐਸ.ਪੀ. ਸਿੰਘ, ਡਾ. ਇੰਦਰਜੀਤ ਗੋਗੋਆਣੀ, ਡਾ. ਇੰਦਰਪਾਲ ਸਿੰਘ, ਡਾ. ਅਮਰਜੀਤ ਸਿੰਘ, ਸ. ਪ੍ਰਿਥੀ ਸਿੰਘ, ਸ. ਗੁਰਚਰਨ ਸਿੰਘ, ਡਾ. ਦਲਵਿੰਦਰ ਸਿੰਘ ਗਰੇਵਾਲ, ਪ੍ਰਿੰਸੀਪਲ ਮਹਿਲ ਸਿੰਘ, ਡਾ. ਆਸਾ ਸਿੰਘ ਘੁੰਮਣ, ਡਾ. ਬਲਵੰਤ ਸਿੰਘ ਮੱਲ੍ਹੀ, ਡਾ. ਸਵਿੰਦਰ ਸਿੰਘ, ਸ. ਭਗਵਾਨ ਸਿੰਘ ਜੌਹਲ, ਸ. ਤਲਵਿੰਦਰ ਸਿੰਘ ਬੁੱਟਰ, ਡਾ. ਧਰਮ ਸਿੰਘ, ਡਾ. ਕੁਲਵਿੰਦਰ ਸਿੰਘ ਬਾਜਵਾ, ਸ. ਨਵਤੇਜ ਸਿੰਘ, ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਅਜੀਤ ਸਿੰਘ, ਪ੍ਰਿੰ: ਮਨਜੀਤ ਕੌਰ, ਸ. ਸੁਰਿੰਦਰ ਸਿੰਘ ਨਿਮਾਣਾ, ਡਾ. ਅਮਰਜੀਤ ਕੌਰ, ਸ. ਜਗਦੀਪ ਸਿੰਘ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਡਾ. ਗੁਰਤੇਜ ਸਿੰਘ ਠੀਕਰੀਵਾਲਾ, ਡਾ. ਸਤਿੰਦਰ ਸਿੰਘ, ਐਡਵੋਕੇਟ ਸੁਖਬੀਰ ਸਿੰਘ, ਡਾ. ਪਰਮਜੀਤ ਸਿੰਘ ਮਾਨਸਾ, ਡਾ. ਪ੍ਰਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਆਦਿ ਮੌਜੂਦ ਸਨ। ਕਿਸਾਨਾਂ ਦੀ ਅਵਾਜ਼ ਸੁਣਨ ਪ੍ਰਧਾਨ ਮੰਤਰੀ-ਬੀਬੀ ਜਗੀਰ ਕੌਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਦੇਸ਼ ਦੀ ਬਾਸ਼ਿੰਦੇ ਆਪਣਾ ਕੰਮਕਾਜ ਛੱਡ ਕੇ ਸੜਕਾਂ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦਾ ਮਸਲਾ ਹੱਲ ਕਰਨਾ ਕੇਂਦਰ ਸਰਕਾਰ ਦਾ ਫ਼ਰਜ਼ ਹੈ। ਇਸ ਲਈ ਪ੍ਰਧਾਨ ਮੰਤਰੀ ਨੂੰ ਆਪਣੇ ਫ਼ਰਜ਼ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਬੈਠੇ ਕਿਸਾਨਾਂ ਦੀ ਅਵਾਜ਼ ਪੂਰੇ ਵਿਸ਼ਵ ਤੱਕ ਪੁੱਜੀ ਹੋਈ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਦਿੱਲੀ ਬੈਠੇ ਪ੍ਰਧਾਨ ਮੰਤਰੀ ਨੂੰ ਨਹੀਂ ਸੁਣ ਰਹੀ। ਬੀਬੀ ਜਗੀਰ ਕੌਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਦਿੱਤੇ ਗਏ ਨਿਰਦੇਸ਼ ਬਾਰੇ ਗੱਲ ਕਰਦਿਆਂ ਕਿਹਾ ਕਿ ਭਾਈ ਰਾਜੋਆਣਾ ਸਮੇਤ ਉਨ੍ਹਾਂ ਸਾਰੇ ਸਿੱਖਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਲੰਮਾ ਸਮਾਂ ਜ਼ੇਲ੍ਹਾਂ ਵਿਚ ਬਿਤਾਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਅਤੇ ਹੁਣ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਸਰਕਾਰ ਨੂੰ ਆਪਣੇ ਵਚਨ ਨਿਭਾਉਣਾ ਚਾਹੀਦਾ ਹੈ। ਫੋਟੋ ਕੈਪਸ਼ਨ : ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਿੱਖ ਬੁਧੀਜੀਵੀਆਂ ਨਾਲ ਇਕੱਤਰਤਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ।
Disclaimer
This website has been developed to provide information to the public for awaring SGPC activities based on the data provided by Sikh Itihas Research Board.
Suggestions are welcome with reference to authentic historical resources and requested to mail at feedback@sgpcamritsar.org.
© 2021 - Shiromani Gurdwara Parbandhak Committee, Sri Amritsar - All Rights Reserved